1
ਬੁਰਿਆਂ ਦੇ ਕਾਰਨ ਨਾ ਕੁੜ੍ਹ, ਕੁਕਰਮੀਆਂ ਵੱਲੋਂ ਨਾ ਸੜ।
2
ਓਹ ਤਾਂ ਘਾਹ ਵਾਂਙੁ ਛੇਤੀ ਕੁਮਲਾ ਜਾਣਗੇ, ਅਤੇ ਸਾਗ ਪੱਤ ਵਾਂਙੁ ਮੁਰਝਾ ਜਾਣਗੇ।
3
ਯਹੋਵਾਹ ਉੱਤੇ ਭਰੋਸਾ ਰੱਖ ਅਤੇ ਭਲਿਆਈ ਕਰ, ਦੇਸ ਵਿੱਚ ਵੱਸ ਅਤੇ ਸਚਿਆਈ ਉੱਤੇ ਪਲ।
4
ਤੂੰ ਯਹੋਵਾਹ ਉੱਤੇ ਨਿਹਾਲ ਰਹੁ, ਤਾਂ ਉਹ ਤੇਰੇ ਮਨੋਰਥਾਂ ਨੂੰ ਪੂਰਿਆਂ ਕਰੇਗਾ।
5
ਆਪਣਾ ਰਾਹ ਯਹੋਵਾਹ ਦੇ ਗੋਚਰਾ ਕਰ, ਅਤੇ ਉਸ ਉੱਤੇ ਭਰੋਸਾ ਰੱਖ ਅਤੇ ਉਹ ਪੂਰਿਆਂ ਕਰੇਗਾ।
6
ਉਹ ਤੇਰੇ ਧਰਮ ਦੇ ਚਾਨਣ ਵਾਂਙੁ, ਅਤੇ ਤੇਰੇ ਨਿਆਉਂ ਨੂੰ ਦੁਪਹਿਰ ਵਾਂਙੁ ਪਰਕਾਸ਼ਤ ਕਰੇਗਾ।
7
ਯਹੋਵਾਹ ਦੇ ਅੱਗੇ ਚੁੱਪ ਚਾਪ ਰਹੁ ਅਤੇ ਧੀਰਜ ਨਾਲ ਉਹ ਦੀ ਉਡੀਕ ਰੱਖ, ਉਸ ਮਨੁੱਖ ਦੇ ਕਾਰਨ ਨਾ ਕੁੜ੍ਹ ਜਿਹ ਦਾ ਰਾਹ ਸਫਲ ਹੁੰਦਾ ਹੈ, ਅਤੇ ਜਿਹੜਾ ਜੁਗਤਾਂ ਨੂੰ ਪੂਰਿਆਂ ਕਰਾਉਂਦਾ ਹੈ।
8
ਕ੍ਰੋਧ ਨੂੰ ਛੱਡ ਅਤੇ ਕੋਪ ਨੂੰ ਤਿਆਗ ਦੇਹ, ਨਾ ਕੁੜ੍ਹ – ਉਸ ਤੋਂ ਬੁਰਿਆਈ ਹੀ ਨਿੱਕਲਦੀ ਹੈ।।
9
ਕੁਕਰਮੀ ਤਾਂ ਛੇਕੇ ਜਾਣਗੇ, ਪਰ ਜਿਹੜੇ ਯਹੋਵਾਹ ਨੂੰ ਉਡੀਕਦੇ ਹਨ ਓਹੋ ਧਰਤੀ ਦੇ ਵਾਰਸ ਹੋਣਗੇ।
10
ਹੁਣ ਥੋੜਾ ਹੀ ਚਿਰ ਰਹਿੰਦਾ ਹੈ ਭਈ ਦੁਸ਼ਟ ਨਹੀਂ ਹੋਵੇਗਾ, ਤੂੰ ਉਸ ਦੀ ਠੌਰ ਨੂੰ ਗੌਹ ਨਾਲ ਵੇਖੇਂਗਾ, ਪਰ ਉਹ ਕਿਤੇ ਨਾ ਹੋਵੇਗਾ।
11
ਪਰ ਅਧੀਨ ਧਰਤੀ ਦੇ ਵਾਰਸ ਹੋਣਗੇ, ਅਤੇ ਬਹੁਤੇ ਸੁਖ ਕਰਕੇ ਆਪਣੇ ਆਪ ਨੂੰ ਨਿਹਾਲ ਕਰਨਗੇ।